ਦਿੱਲੀ ’ਚ ਚੱਲ ਰਹੇ ਇਸ ਮਹਾਮੰਥਨ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਜੈਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸ਼ਮਸ਼ੇਰ ਸਿੰਘ ਦੂਲੋ ਅਤੇ ਡਾ. ਅਮਰ ਸਿੰਘ ਸਮੇਤ ਕਈ ਵੱਡੇ ਆਗੂਆਂ ਨਾਲ ਵਨ-ਟੂ-ਵਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੰਗਠਨ ਦੇ ਹੋਰ ਅਹੁਦੇਦਾਰਾਂ ਤੋਂ ਵੀ ਫੀਡਬੈਕ ਲਈ ਜਾ ਰਹੀ ਹੈ। ਕਾਂਗਰਸ ਹਾਈਕਮਾਂਡ ਵੱਲੋਂ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੂੰ ਪੰਜਾਬ ਮਾਮਲਿਆਂ ਦੇ ਨਿਗਰਾਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਹ ਤਿੰਨੇ ਆਗੂ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ, ਸੰਗਠਨ ਦੀ ਕਾਰਗੁਜ਼ਾਰੀ, ਚੋਣ ਤਿਆਰੀ ਅਤੇ ਨੇਤਾਵਾਂ ਵਿਚਕਾਰ ਤਾਲਮੇਲ ਬਾਰੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕਰ ਰਹੇ ਹਨ। ਤਿੰਨ ਦਿਨ ਤੱਕ ਚੱਲਣ ਵਾਲੀਆਂ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਇਕ ਵਿਸਥਾਰਪੂਰਵਕ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪੀ ਜਾਵੇਗੀ, ਜਿਸ ਦੇ ਆਧਾਰ ’ਤੇ ਅਗਲੇ ਫ਼ੈਸਲੇ ਹੋ ਸਕਦੇ ਹਨ। ਦਿਲਚਸਪ ਗੱਲ ਇਹ ਹੈ ਕਿ ਕਾਂਗਰਸ ਹਾਈਕਮਾਂਡ ਇਸ ਵਾਰ ਸਿਰਫ਼ ਵੱਡੇ ਆਗੂਆਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ਦੇ ਆਗੂਆਂ ਅਤੇ ਵਰਕਰਾਂ ਦੀ ਵੀ ਰਾਏ ਜਾਣ ਰਹੀ ਹੈ।
ਇਸ ਤੋਂ ਇਹ ਸੰਕੇਤ ਮਿਲਦੇ ਹਨ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਕਿਸੇ ਇਕ ਧੜੇ ਦੀ ਨਹੀਂ, ਸਗੋਂ ਸਮੂਹਿਕ ਰਣਨੀਤੀ ਤਿਆਰ ਕਰਨਾ ਚਾਹੁੰਦੀ ਹੈ। ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਅੰਦਰੂਨੀ ਖਿੱਚੋਤਾਣ ਦਾ ਨੁਕਸਾਨ ਝੱਲਣਾ ਪਿਆ ਸੀ ਅਤੇ ਹਾਈਕਮਾਂਡ ਇਸ ਵਾਰ ਅਜਿਹੀ ਸਥਿਤੀ ਤੋਂ ਬਚਣਾ ਚਾਹੁੰਦੀ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਦਿੱਲੀ ’ਚ ਚੱਲ ਰਿਹਾ ਇਹ ਮਹਾਮੰਥਨ ਪੰਜਾਬ ਕਾਂਗਰਸ ਲਈ ਟਰਨਿੰਗ ਪੁਆਇੰਟ ਸਾਬਿਤ ਹੋ ਸਕਦਾ ਹੈ। ਫ਼ਿਲਹਾਲ ਸਭ ਦੀਆਂ ਨਜ਼ਰਾਂ ਤਿੰਨ ਦਿਨ ਬਾਅਦ ਹਾਈਕਮਾਂਡ ਨੂੰ ਸੌਂਪੀ ਜਾਣ ਵਾਲੀ ਰਿਪੋਰਟ ’ਤੇ ਟਿਕੀਆਂ ਹੋਈਆਂ ਹਨ।